ਪੰਜਾਬੀ ਟ੍ਰਿਬਿਊਨ
ਚੰਡੀਗੜ੍ਹ, 3 ਅਗਸਤ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਕਾਨੂੰਨੀ ਸੈੱਲ ਦੇ ਨਵ-ਨਿਯੁਕਤ ਕਨਵੀਨਰ ਤੇ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਸਤਪਾਲ ਜੈਨ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਸਦ ਵਿਚ ਜੱਜਾਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਤੋਂ 65 ਸਾਲ ਕਰਨ ਦੇ ਮੁੱਦੇ ਦਾ ਭਾਜਪਾ ਵੱਲੋਂ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਮੂਹ ਅਦਾਲਤਾਂ ਵਿਚ ਜੱਜਾਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਨਸਾਫ ਮਿਲ ਸਕੇ। ਸ੍ਰੀ ਜੈਨ ਅਨੁਸਾਰ ਖਾਲੀ ਅਸਾਮੀਆਂ ਭਰਨ ਤੋਂ ਇਲਾਵਾ ਲਟਕਦੇ ਕੇਸਾਂ ਦੇ ਬੋਝ ਕਾਰਨ ਜੱਜਾਂ ਦੀਆਂ ਹੋਰ ਨਵੀਆਂ ਅਸਾਮੀਆਂ ਕਾਇਮ ਕਰਨ ਦੀ ਵੀ ਲੋੜ ਹੈ।